ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੰਡੀਗੜ੍ਹ ਮੇਅਰ ਚੋਣ: ਲੋਕਤੰਤਰ ਦਾ ਕਤਲ ਹੋਇਆ ਹੈ, ਅਸੀਂ ਹੈਰਾਨ ਹਾਂ : SC

ਨਵੀਂ ਦਿੱਲੀ : ਚੰਡੀਗੜ੍ਹ ਮੇਅਰ ਚੋਣਾਂ ‘ਚ ਬੈਲਟ ਪੇਪਰ ਨਾਲ ਛੇੜਛਾੜ ਦੇ ਦੋਸ਼ਾਂ ‘ਤੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਚੋਣ ਅਧਿਕਾਰੀ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ। ਬੈਂਚ ਦੀ ਪ੍ਰਧਾਨਗੀ ਕਰ ਰਹੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ, ‘ਕੀ ਚੋਣਾਂ ਇਸ ਤਰ੍ਹਾਂ ਕਰਵਾਈਆਂ ਜਾਂਦੀਆਂ ਹਨ ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਹੈਰਾਨ ਹਾਂ। ਇਸ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਕੀ ਕੋਈ ਚੋਣ ਅਧਿਕਾਰੀ ਅਜਿਹਾ ਵਿਵਹਾਰ ਕਰ ਸਕਦਾ ਹੈ ? ਇਸ ਦੇ ਨਾਲ ਹੀ ਅਦਾਲਤ ਨੇ ਹੁਕਮ ਦਿੱਤਾ ਕਿ ਬੈਲਟ ਪੇਪਰ ਸਮੇਤ ਚੋਣਾਂ ਨਾਲ ਜੁੜੀਆਂ ਸਾਰੀਆਂ ਚੀਜ਼ਾਂ ਨੂੰ ਸੁਰੱਖਿਅਤ ਰੱਖਿਆ ਜਾਵੇ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਸਭ ਕੁਝ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਅਦਾਲਤ ਨੇ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵੀ ਅਗਲੀ ਸੁਣਵਾਈ ਤੱਕ ਮੁਲਤਵੀ ਕਰ ਦਿੱਤੀ ਹੈ। ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਾਰ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਨਤੀਜੇ ਨੂੰ ਗਲਤ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਨੇ ਚੋਣ ਨਤੀਜਿਆਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਸੀ ਕਿ ਭਾਜਪਾ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ‘ਤੇ ਰੋਕ ਲਗਾਈ ਜਾਵੇ।
ਇਸ ਚੋਣ ਵਿੱਚ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜੋ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀਆਂ ਸਨ। ਇਸ ਤੋਂ ਪਹਿਲਾਂ ਚੋਣਾਂ ਦੌਰਾਨ ‘ਆਪ’ ਅਤੇ ਕਾਂਗਰਸ ਗਠਜੋੜ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ 20 ਵੋਟਾਂ ਹਨ ਅਤੇ ਉਹ ਜਿੱਤਣਗੇ। ਵੋਟਾਂ ਪੈਣ ਤੋਂ ਬਾਅਦ ਜਦੋਂ ਨਤੀਜੇ ਆਏ ਤਾਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਅਤੇ ਭਾਜਪਾ ਉਮੀਦਵਾਰ 16 ਵੋਟਾਂ ਨਾਲ ਜੇਤੂ ਕਰਾਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ 12 ਵੋਟਾਂ ਨਾਲ ਹਾਰੇ ਐਲਾਨੇ ਗਏ। ਇਸ ਨਤੀਜੇ ਤੋਂ ਬਾਅਦ ਕੁਲਦੀਪ ਕੁਮਾਰ ਫੁੱਟ-ਫੁੱਟ ਕੇ ਰੋਣ ਲੱਗਾ। ਇੰਨਾ ਹੀ ਨਹੀਂ ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਵੀ ਕੀਤਾ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਚ ਭਾਜਪਾ ਸਰਕਾਰ ‘ਤੇ ਬੇਈਮਾਨੀ ਦਾ ਦੋਸ਼ ਲਗਾਇਆ ਸੀ।