ਚੰਡੀਗੜ੍ਹ ਮੇਅਰ ਚੋਣ ਵਿਵਾਦ ਸੁਪਰੀਮ ਕੋਰਟ ਪਹੁੰਚਿਆ, ਸੁਣਵਾਈ ਭਲਕੇ

February 4, 2024 3:17 pm
Img 20240204 Wa0122

ਹਾਲਾਂਕਿ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਅਤੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਅਜੇ ਵੀ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਸੁਪਰੀਮ ਕੋਰਟ ਪੁੱਜੇ ਹਨ। ਸੁਪਰੀਮ ਕੋਰਟ ਕੌਂਸਲਰਾਂ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਵਿਚਾਰ ਕਰਨ ਲਈ ਤਿਆਰ ਹੋ ਗਈ ਹੈ। ਹੁਣ ਸੁਪਰੀਮ ਕੋਰਟ ਨੇ ਸੁਣਵਾਈ ਲਈ 5 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਭਲਕੇ ਸੁਪਰੀਮ ਕੋਰਟ ਵਿੱਚ ਤੀਹਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਇਸ ਤੋਂ ਪਹਿਲਾਂ ਵੀ ‘ਆਪ’ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਮੇਅਰ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਦੀ ਤਰਫ਼ੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਪੇਸ਼ ਹੋ ਰਹੇ ਹਨ।

ਆਪ ਦੇ ਕੌਂਸਲਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੇ ਸਨ, ਜਿੱਥੇ ਸੁਣਵਾਈ ਦੌਰਾਨ ਜਸਟਿਸ ਸੁਧੀਰ ਸਿੰਘ ਅਤੇ ਹਰਸ਼ ਬੰਗੜ ਦੇ ਬੈਂਚ ਨੇ ‘ਆਪ’ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇੱਕ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।