ਕਿਸਾਨ ਮੋਰਚਾ : ਕਈ ਕਿਸਾਨ ਲੀਡਰ ਪੁਲਿਸ ਨੇ ਲਏ ਹਿਰਾਸਤ ਵਿਚ, ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ

March 7, 2024 9:24 am
Panjab Pratham News

24ਵੇਂ ਦਿਨ ਵੀ ਕਿਸਾਨ ਡਟੇ, ਪੰਧੇਰ ਨੇ ਕਿਹਾ-ਟਰੈਕਟਰ-ਟਰਾਲੀ ਸਿਰਫ਼ ਬਹਾਨਾ ਹੈ, ਸਰਕਾਰ ਧਰਨੇ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ
ਅੰਬਾਲਾ : ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਅੱਜ 7 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 24ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ, ਪਰ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ੰਭੂ ਅਤੇ ਖਨੌਰੀ ਵਿਖੇ ਅੰਦੋਲਨ ਦਾ 24ਵਾਂ ਦਿਨ ਹੈ। ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਜ਼ਦੂਰ ਮਹਿਲਾ ਦਿਵਸ ਮੌਕੇ ਦੇਸ਼ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚ ਪੁੱਜਣਗੀਆਂ।