ਪੰਜਾਬ ਵਿਚ ਜ਼ਮੀਨਾਂ ਦੇ ਇੰਤਕਾਲ ਕਰਵਾਉਣ ਲਈ ਵਿਸ਼ੇਸ਼ ਉਪਰਾਲਾ

January 5, 2024 7:23 am
Panjab Pratham News

ਚੰਡੀਗੜ੍ਹ : ਪੰਜਾਬ ਦੇ ਲੋਕ ਜੋ ਕੁਝ ਕਾਰਨਾਂ ਕਰਕੇ ਆਪਣੀ ਜਾਇਦਾਦ ਦੀ ਇੰਤਕਾਲ ਨਹੀਂ ਕਰਵਾ ਸਕੇ, ਉਨ੍ਹਾਂ ਨੂੰ ਹੁਣ ਬਹੁਤੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ 6 ਜਨਵਰੀ ਯਾਨੀ ਸ਼ਨੀਵਾਰ ਦੀ ਛੁੱਟੀ ਵਾਲੇ ਦਿਨ ਸੂਬੇ ਭਰ ਦੇ ਮਾਲ ਵਿਭਾਗ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਅਧਿਕਾਰੀ ਮੌਕੇ ‘ਤੇ ਹੀ ਇੰਤਕਾਲ ਕਰ ਕੇ ਲੋਕਾਂ ਨੂੰ ਦੇਣਗੇ। ਇਸ ਦੇ ਨਾਲ ਹੀ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਲੋਕਾਂ ਦੀ ਗੱਲ ਨਹੀਂ ਸੁਣਦਾ ਤਾਂ ਲੋਕ ਵਟਸਐਪ ‘ਤੇ ਵਿਭਾਗ ਨੂੰ ਸ਼ਿਕਾਇਤ ਕਰ ਸਕਣਗੇ।

ਜਿੰਪਾ ਨੇ ਕਿਹਾ ਕਿ ਉਹ ਲੰਬਿਤ ਪਈਆਂ ਇੰਤਕਾਲ ਦੇ ਨਿਪਟਾਰੇ ਦੇ ਕੰਮ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਕੰਮ ਵਿੱਚ ਕੋਈ ਅਣਗਹਿਲੀ ਨਾ ਦਿਖਾਉਣ। ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਜੇਕਰ ਲੋਕਾਂ ਨੂੰ ਮਾਲ ਵਿਭਾਗ ਵਿੱਚ ਕਿਸੇ ਵੀ ਪੱਧਰ ’ਤੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਸਰਕਾਰ ਵੱਲੋਂ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਗਿਆ ਹੈ। ਜਿਸ ‘ਤੇ ਵਟਸਐਪ ‘ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 ‘ਤੇ ਭੇਜ ਸਕਦੇ ਹਨ। ਇਸੇ ਤਰ੍ਹਾਂ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਾਲ ਵਿਭਾਗ ਦੇ ਸਾਰੇ ਕੰਮ ਵੀ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਜਾਇਦਾਦ ਸਬੰਧੀ ਕਿਸੇ ਕਿਸਮ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।